ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਖੁਸ਼ੀ ਦੀ ਖਬਰ ਹੈ। ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚੋਂ ਦਸਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਗਿਆਰਵੀਂ ਜਮਾਤ ਵਿੱਚ ਦਾਖ਼ਲੇ ਲਈ ਸੰਘਰਸ਼ ਨਹੀਂ ਕਰਨਾ ਪਵੇਗਾ। ਹਰ ਸਾਲ ਦਾਖ਼ਲੇ ਦੌਰਾਨ ਆਉਂਦੀਆਂ ਮੁਸ਼ਕਲਾਂ ਅਤੇ ਮਾਪਿਆਂ ਦੀਆਂ ਮੰਗਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਵਿੱਚ ਗਿਆਰਵੀਂ ਜਮਾਤ ਵਿੱਚ ਦਾਖ਼ਲਿਆਂ ਲਈ ਰਾਖਵਾਂਕਰਨ ਨੀਤੀ ਬਣਾਈ ਹੈ।
ਇਸ ਤਹਿਤ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਜਮਾਤ ਦੀਆਂ 85 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਹੀ ਰਾਖਵੀਆਂ ਹੋਣਗੀਆਂ। ਦੱਸ ਦਈਏ ਕਿ ਚੰਡੀਗੜ੍ਹ 'ਚ ਦਾਖਲੇ ਲਈ ਪਹਿਲੀ ਵਾਰ ਸਕੂਲ ਪੱਧਰ 'ਤੇ ਰਾਖਵੇਂਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ ਦੀ ਨਵੀਂ ਨੀਤੀ ਅਨੁਸਾਰ 11ਵੀਂ ਜਮਾਤ ਦੀਆਂ 13,875 ਸੀਟਾਂ ਵਿੱਚੋਂ ਕਰੀਬ 11,794 ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਹੋਣ ਵਾਲੇ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ। ਇਸ ਦੇ ਲਈ ਵਿਦਿਆਰਥੀਆਂ ਦੀ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਸ ਦੇ ਆਧਾਰ 'ਤੇ ਉਨ੍ਹਾਂ ਨੂੰ ਦਾਖਲਾ ਦਿੱਤਾ ਜਾਵੇਗਾ।
ਇਸ ਫੈਸਲੇ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਚੁੱਕੇ ਵਿਦਿਆਰਥੀਆਂ ਨੂੰ ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਸੰਘਰਸ਼ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਸੀਨੀਅਰ ਸੈਕੰਡਰੀ ਸਕੂਲਾਂ ਦੀ ਗਿਣਤੀ ਘੱਟ ਹੋਣ ਕਾਰਨ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਵਿਦਿਆਰਥੀਆਂ ਵਿੱਚ ਮਾਰਾਮਾਰੀ ਹੁੰਦੀ ਹੈ। ਸ਼ਹਿਰ 'ਚ ਪੇਰੇਂਟਸ ਦੀ ਸ਼ਿਕਾਇਤ ਸੀ ਕਿ ਸੈਂਟਰਲਾਈਜ਼ਡ ਐਡਮਿਸ਼ਨ ਕਾਰਨ ਸ਼ਹਿਰ ਦੇ ਬੱਚਿਆਂ ਨੂੰ ਸਕੂਲ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ ਸੀ।
ਜਦੋਂ ਕਿ ਚੰਡੀਗੜ੍ਹ ਤੋਂ ਬਾਹਰਲੇ ਵਿਦਿਆਰਥੀ ਸਕੂਲ ਵਿੱਚ ਦਾਖਲ ਹੁੰਦੇ ਸਨ। ਅਜਿਹਾ ਹੋਣ ਤੋਂ ਰੋਕਣ ਲਈ ਵਿਭਾਗ ਨੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਵਿਦਿਆਰਥੀਆਂ ਲਈ 85 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਹਨ। ਕੁੱਲ ਸੀਟਾਂ ਦੇ 15 ਪ੍ਰਤੀਸ਼ਤ ਜਾਂ ਲਗਭਗ 2081 ਸੀਟਾਂ ਲਈ, ਚੰਡੀਗੜ੍ਹ ਅਤੇ ਹੋਰ ਰਾਜਾਂ ਅਤੇ ਬੋਰਡਾਂ ਦੇ ਪ੍ਰਾਈਵੇਟ ਸਕੂਲਾਂ ਤੋਂ ਪਾਸ ਆਊਟ ਹੋਏ ਵਿਦਿਆਰਥੀਆਂ ਦੀ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ 11ਵੀਂ ਜਮਾਤ ਵਿੱਚ ਦਾਖ਼ਲੇ ਲਈ 85 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ, ਦਾਖਲਾ ਮੈਰਿਟ ਦੇ ਆਧਾਰ 'ਤੇ ਕੀਤਾ ਜਾਵੇਗਾ।