
SGPC ਲਗਾਤਾਰ ਬੰਦੀ ਸਿੱਖਾਂ ਦੀ ਰਿਹਾਈ ਦੀਆਂ ਕੋਸ਼ਿਸ਼ ਕਰ ਰਹੀ ਹੈ। ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 25 ਲੱਖ ਲੋਕਾਂ ਦੇ ਦਸਤਖਤ ਮਿਲ ਚੁੱਕੇ ਹਨ ਅਤੇ ਇਹ ਮੰਗ ਪੱਤਰ ਪੰਜਾਬ ਦੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਅਮਿਤ ਸ਼ਾਹ ਨੂੰ ਭੇਜਿਆ ਜਾਵੇਗਾ, ਤਾਂ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖ ਰਿਹਾਅ ਹੋ ਸਕਣ।
ਸ਼੍ਰੋਮਣੀ ਕਮੇਟੀ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ, ਜੋ ਪਹਿਲਾਂ 18 ਮਈ ਨੂੰ ਤੈਅ ਸੀ, ਪਰ ਰਾਜਪਾਲ ਦੇ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਅਗਲੇ ਹਫਤੇ ਮੁਲਾਕਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕਈ ਬੰਦੀ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਕਦੇ ਪੈਰੋਲ ਵੀ ਨਹੀਂ ਲਈ ਅਤੇ ਹੁਣ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਦਸਤਖਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਹੁਣ ਤੱਕ 25 ਲੱਖ ਤੋਂ ਵੱਧ ਦਸਤਖਤ ਇਕੱਠੇ ਕੀਤੇ ਜਾ ਚੁੱਕੇ ਹਨ। ਇਹ ਮੰਗ ਪੱਤਰ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ਼ ਮੋਰਚਾ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ-ਚੰਡੀਗੜ੍ਹ ਬੈਰੀਅਰ 'ਤੇ ਧਰਨਾ ਲਾਇਆ ਹੋਇਆ ਹੈ, ਜਿਸਨੂੰ ਲੈ ਕੇ ਇਕ ਵਾਰ ਉਨ੍ਹਾਂ ਦੀ ਪੁਲਿਸ ਨਾਲ ਹਿੰਸਕ ਝੜਪ ਵੀ ਹੋਈ ਸੀ। ਚੰਡੀਗੜ੍ਹ ਪੁਲਿਸ ਨੇ ਇਸ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਪ੍ਰਦਰਸ਼ਨ ਨੂੰ ਖਤਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੇਸ ਵੀ ਚੱਲ ਰਿਹਾ ਹੈ, ਜਿਸ 'ਤੇ ਸਰਕਾਰ ਨੂੰ ਵੀ ਫਟਕਾਰ ਲਗਾਈ ਗਈ ਹੈ। ਅਰਾਈਵ ਸੇਫ਼ ਨਾਂ ਦੀ ਸੁਸਾਇਟੀ ਨੇ ਰਸਤਾ ਖੋਲ੍ਹਣ ਲਈ ਪਟੀਸ਼ਨ ਦਾਇਰ ਕੀਤੀ ਹੈ। ਇਹ ਮੰਗ ਪੱਤਰ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।