ਗੁਰਦੁਆਰਿਆਂ ਦੀਆਂ ਗੋਲਕਾਂ ਖਿਲਾਫ ਭਗਵੰਤ ਮਾਨ ਦੇ ਬਿਆਨ 'ਤੇ ਭੜਕੀ SGPC

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਭਗਵੰਤ ਮਾਨ ਨੇ ਅਹਿਮ ਅਹੁਦੇ 'ਤੇ ਰਹਿੰਦਿਆਂ ਸਿੱਖ ਸੰਗਤ ਵਿਰੋਧੀ ਬਿਆਨ ਦਿੱਤਾ ਹੈ, ਜਿਸ ਨੂੰ ਸਿੱਖ ਸੰਗਤ ਅਤੇ ਸ਼੍ਰੋਮਣੀ ਕਮੇਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।
ਗੁਰਦੁਆਰਿਆਂ ਦੀਆਂ ਗੋਲਕਾਂ ਖਿਲਾਫ ਭਗਵੰਤ ਮਾਨ ਦੇ ਬਿਆਨ 'ਤੇ ਭੜਕੀ SGPC

ਭਗਵੰਤ ਮਾਨ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਭਗਵੰਤ ਮਾਨ ਦੇ SGPC ਖਿਲਾਫ ਬਿਆਨ ਨੇ ਸਿਆਸਤ ਨੂੰ ਗਰਮ ਕੇ ਰੱਖ ਦਿਤਾ ਹੈ। 1 ਜਨਵਰੀ ਨੂੰ ਇੱਕ ਜਨਤਕ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਸੰਗਤਾਂ ਗੁਰੂ ਘਰਾਂ ਦੀਆਂ ਗੋਲਕਾਂ 'ਚ ਪੈਸੇ ਪਾਉਣਾ ਬੰਦ ਕਰ ਦੇਣ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਛੱਡ ਦੇਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਵੀ ਬੰਦ ਹੋਣਗੀਆਂ। ਭਗਵੰਤ ਮਾਨ ਦੇ ਇਸ ਬਿਆਨ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਾਰਾਜ਼ ਹੋ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਸੱਦੇ 'ਤੇ ਅੰਮ੍ਰਿਤਸਰ ਦੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ ਡੀਸੀ ਦਫ਼ਤਰ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦੇਣ ਪੁੱਜੇ।

ਡੀਸੀ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ, ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁੱਖ ਮੰਤਰੀ ਮਾਨ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੰਗਤਾਂ ਗੁਰੂ ਘਰ ਦੀਆਂ ਗੋਲਕਾਂ ਵਿਚ ਆਪਣੀਆਂ ਮਰਜ਼ੀ ਅਨੁਸਾਰ ਭੇਟਾ ਕਰਦੀਆਂ ਹਨ।

ਸ਼੍ਰੋਮਣੀ ਕਮੇਟੀ ਕਿਸੇ ਨੂੰ ਮਜਬੂਰ ਨਹੀਂ ਕਰਦੀ, ਭਗਵੰਤ ਦੇ ਸਾਰੇ ਆਰੋਪ ਗਲਤ ਹਨ। ਇਹ ਭੇਟਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੰਗਤਾਂ ਦੀ ਤਰਫੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅਹਿਮ ਅਹੁਦੇ 'ਤੇ ਰਹਿੰਦਿਆਂ ਸਿੱਖ ਸੰਗਤ ਵਿਰੋਧੀ ਬਿਆਨ ਦਿੱਤਾ ਹੈ, ਜਿਸ ਨੂੰ ਸਿੱਖ ਸੰਗਤ ਅਤੇ ਸ਼੍ਰੋਮਣੀ ਕਮੇਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਮਾਨ ਨੂੰ ਆਪਣੇ ਬਿਆਨ ਲਈ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਭਗਵੰਤ ਮਾਨ ਸਿੱਖ ਸੰਗਤ ਤੋਂ ਮੁਆਫੀ ਨਹੀਂ ਮੰਗਦਾ ਤਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸਤੋਂ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੋਮਵਾਰ ਨੂੰ ਸੰਗਰੂਰ ਦੇ ਇੱਕ ਮੈਡੀਕਲ ਕਾਲਜ ਵਿੱਚ ਕੰਮ ਠੱਪ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

Related Stories

No stories found.
logo
Punjab Today
www.punjabtoday.com