ਸ਼੍ਰੋਮਣੀ ਕਮੇਟੀ ਦਾ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ 'ਚ ਪ੍ਰਦਰਸ਼ਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ, ਕਿਉਂਕਿ ਲੰਮੇ ਸਮੇਂ ਤੋਂ ਕਈ ਸਿੱਖ ਉਮਰ ਕੈਦ ਤੋਂ ਵੱਧ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕੇ ਹਨ, ਪਰ ਅਜੇ ਤੱਕ ਰਿਹਾਅ ਨਹੀਂ ਹੋਏ।
ਸ਼੍ਰੋਮਣੀ ਕਮੇਟੀ ਦਾ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ 'ਚ ਪ੍ਰਦਰਸ਼ਨ

ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ ਸਮੇਂ ਸਿਰ ਆਪਣੀ ਆਵਾਜ਼ ਬੁਲੰਦ ਕਰਦੀ ਰਹੀ ਹੈ। ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨੇ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਮੈਂਬਰ ਅਤੇ ਸਮਰਥਕ ਡੀਸੀ ਦਫ਼ਤਰ ਅੱਗੇ ਇਕੱਠੇ ਹੋਣਗੇ ਅਤੇ 12 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ।

ਸ਼੍ਰੋਮਣੀ ਕਮੇਟੀ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਜਲਦੀ ਹੀ ਦਸਤਖਤ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 2 ਸਤੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਅੱਜ ਦੇ ਧਰਨੇ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਸਾਰੇ ਕਾਲੇ ਕੱਪੜੇ ਪਾ ਕੇ ਹੀ ਪ੍ਰਦਰਸ਼ਨ ਕਰਨਗੇ।

ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਵੀ 4 ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ, ਪਰ ਇੱਕ ਵਾਰ ਵੀ ਭੇਜੇ ਗਏ ਪੱਤਰਾਂ ਦਾ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ, ਕਿਉਂਕਿ ਲੰਮੇ ਸਮੇਂ ਤੋਂ ਕਈ ਸਿੱਖ ਉਮਰ ਕੈਦ ਤੋਂ ਵੱਧ ਜੇਲ੍ਹਾਂ ਵਿੱਚ ਕੱਟ ਚੁੱਕੇ ਹਨ, ਪਰ ਅਜੇ ਤੱਕ ਰਿਹਾਅ ਨਹੀਂ ਹੋਏ।

ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਜਲਦੀ ਹੀ ਸੂਬੇ ਦੇ ਹਰ ਪਿੰਡ ਅਤੇ ਇਤਿਹਾਸਕ ਗੁਰਦੁਆਰਿਆਂ ਵਿੱਚ ਦਸਤਖਤ ਮੁਹਿੰਮ ਚਲਾਉਣ ਜਾ ਰਹੀ ਹੈ। ਇਸ ਦਾ ਸਮਾਂ ਜਲਦੀ ਹੀ ਤੈਅ ਕੀਤਾ ਜਾਵੇਗਾ। ਇਸ ਤੋਂ ਬਾਅਦ ਇੱਕ ਮੰਗ ਪੱਤਰ ਤਿਆਰ ਕਰਕੇ ਰਾਜ ਦੇ ਰਾਜਪਾਲ ਨੂੰ ਸੌਂਪਿਆ ਜਾਵੇਗਾ, ਤਾਂ ਜੋ ਉਹ ਸੂਬੇ ਦੇ ਸਿੱਖਾਂ ਦੇ ਦਰਦ ਨੂੰ ਸਮਝ ਸਕੇ। ਜ਼ਿਕਰਯੋਗ ਹੈ ਕਿ ਪ੍ਰਧਾਨ ਧਾਮੀ ਨੇ ਪਿੱਛਲੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਹੈ। ਇਸ ਪੱਤਰ ਵਿੱਚ ਸਾਰੇ 9 ਬੰਦੀ ਸਿੱਖਾਂ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭੋਰਾ ਅਤੇ ਜਗਤਾਰ ਸਿੰਘ ਤਾਰਾ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

Related Stories

No stories found.
logo
Punjab Today
www.punjabtoday.com