ਸਿੱਖ ਸਿਪਾਹੀਆਂ ਨੂੰ ਹੈਲਮੇਟ ਪਹਿਨਾਉਣਾ ਰਵਾਇਤ ਦੇ ਖਿਲਾਫ : SGPC

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤੀ ਫੌਜ ਵਿਚ ਸੇਵਾ ਕਰ ਰਹੇ ਸਿੱਖਾਂ ਨੂੰ ਲੋਹੇ ਦਾ ਵਿਸ਼ੇਸ਼ ਹੈਲਮੇਟ ਪਾਉਣ ਦਾ ਫੈਸਲਾ ਸਿੱਖਾਂ ਦੀ ਵਿਲੱਖਣ ਪਛਾਣ ਅਤੇ ਸਿੱਖ ਮਰਿਆਦਾ ਦੇ ਖਿਲਾਫ ਹੈ।
ਸਿੱਖ ਸਿਪਾਹੀਆਂ ਨੂੰ ਹੈਲਮੇਟ ਪਹਿਨਾਉਣਾ ਰਵਾਇਤ ਦੇ ਖਿਲਾਫ  : SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ਵਿੱਚ ਸੇਵਾ ਕਰ ਰਹੇ ਸਿੱਖ ਫ਼ੌਜੀਆਂ ਲਈ ਲੋਹੇ ਦੇ ਹੈਲਮੇਟ ਦੀ ਨਵੀਂ ਨੀਤੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ।

ਇਸ ਸਬੰਧੀ ਐਡਵੋਕੇਟ ਧਾਮੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤੀ ਫੌਜ ਵਿਚ ਸੇਵਾ ਕਰ ਰਹੇ ਸਿੱਖਾਂ ਨੂੰ ਲੋਹੇ ਦਾ ਵਿਸ਼ੇਸ਼ ਹੈਲਮੇਟ ਪਾਉਣ ਦਾ ਫੈਸਲਾ ਸਿੱਖਾਂ ਦੀ ਵਿਲੱਖਣ ਪਛਾਣ ਅਤੇ ਸਿੱਖ ਮਰਿਆਦਾ ਦੇ ਖਿਲਾਫ ਹੈ।

ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਅਨੁਸਾਰ ਦਸਤਾਰ ਸਿੱਖ ਲਈ ਸਿਰਫ਼ ਪਹਿਰਾਵਾ ਨਹੀਂ ਹੈ, ਸਗੋਂ ਇਹ ਸਿੱਖ ਵਿਰਸੇ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਅਧਿਆਤਮਿਕ ਅਤੇ ਸਿਧਾਂਤਕ ਮਹੱਤਵ ਰੱਖਦੀ ਹੈ। ਦਸਤਾਰ ਪ੍ਰਤੀ ਸਿੱਖਾਂ ਦੀ ਵਚਨਬੱਧਤਾ ਵੀ ਸਿੱਖ ਸਵੈਮਾਣ ਅਤੇ ਗੁਰੂ ਸਾਹਿਬ ਪ੍ਰਤੀ ਆਗਿਆਕਾਰੀ ਨੂੰ ਦਰਸਾਉਂਦੀ ਹੈ। ਕਿਸੇ ਵੀ ਸਿੱਖ ਫੌਜੀ ਨੂੰ ਲੋਹੇ ਦੀ ਟੋਪੀ ਵਾਲਾ ਹੈਲਮੇਟ ਪਾਉਣ ਦਾ ਹੁਕਮ ਸਿੱਖ ਬਣੇ ਰਹਿਣ ਲਈ ਚੁਣੌਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੈਨਿਕਾਂ ਨੂੰ ਲੋਹੇ ਦੇ ਵਿਸ਼ੇਸ਼ ਹੈਲਮੇਟ ਪਹਿਨਣ ਦਾ ਫੈਸਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਸਰਾਸਰ ਧੱਕਾ ਹੈ। ਇਹ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮੁਗਲਾਂ ਵਿਰੁੱਧ ਜੰਗਾਂ ਅਤੇ ਵਿਸ਼ਵ ਯੁੱਧਾਂ ਦੌਰਾਨ ਸਿੱਖ ਦਸਤਾਰਾਂ ਸਜਾ ਕੇ ਲੜੇ। ਸਾਰਾਗੜ੍ਹੀ ਦੀ ਲੜਾਈ ਅਤੇ ਭਾਰਤੀ ਫੌਜ ਦੀ ਲੜਾਈ ਮਹੱਤਵਪੂਰਨ ਉਦਾਹਰਣਾਂ ਹਨ।

ਭਾਰਤੀ ਫੌਜ ਵਿੱਚ ਵੀ ਸਿੱਖ ਫੌਜੀਆਂ ਨੇ ਹਮੇਸ਼ਾ ਹੀ ਦਸਤਾਰ ਦਾ ਮਾਣ ਰੱਖਿਆ ਹੈ ਅਤੇ ਜੇਕਰ ਸਿੱਖ ਫੌਜੀਆਂ ਲਈ ਲੋਹੇ ਦੀ ਟੋਪੀ ਵਾਲੀ ਨਵੀਂ ਯੋਜਨਾ ਲਾਗੂ ਕੀਤੀ ਜਾਂਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ ਅਤੇ ਸਿੱਖ ਰਵਾਇਤਾਂ ਦੀ ਉਲੰਘਣਾ ਹੋਵੇਗੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਿੱਖ ਸੈਨਿਕਾਂ ਲਈ ਸ਼ੁਰੂ ਕੀਤੀ ਜਾ ਰਹੀ ਹੈਲਮਟ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ, ਤਾਂ ਜੋ ਰੱਖਿਆ ਸੇਵਾਵਾਂ ਵਿੱਚ ਸਿੱਖਾਂ ਦੀ ਵੱਖਰੀ ਪਛਾਣ ਬਰਕਰਾਰ ਰਹੇ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਲੋਹੇ ਦੇ ਵਿਸ਼ੇਸ਼ ਹੈਲਮੇਟ ਪਾਉਣ ਦੀ ਯੋਜਨਾ ਨੂੰ ਲਾਗੂ ਕਰਨ ਦਾ ਵਿਰੋਧ ਕਰਦਿਆਂ ਇਸ ਫੈਸਲੇ ਨੂੰ ਸਿੱਖ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਫੌਜੀਆਂ ਨੂੰ ਹੈਲਮਟ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ।

Related Stories

No stories found.
logo
Punjab Today
www.punjabtoday.com