ਪੰਜਾਬ ਦੇ ਜਲੰਧਰ 'ਚ ਹੋਣ ਵਾਲੀ ਉਪ ਚੋਣ ਲਈ ਸਾਰੀ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਮੀਟਿੰਗ ਤੋਂ ਬਾਅਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਹਾਜ਼ਰ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਸਿੱਖਾਂ ਦੇ ਬਹੁਤ ਸਾਰੇ ਗੁੰਝਲਦਾਰ ਮਸਲੇ ਇਸ ਵੇਲੇ ਹੱਲ ਨਹੀਂ ਹੋ ਰਹੇ, ਜਿਸ ਕਾਰਨ ਸੂਬੇ ਅਤੇ ਖਾਸ ਕਰਕੇ ਸਿੱਖ ਕੌਮ ਨੂੰ ਹੱਲ ਨਾ ਹੋਣ ਕਾਰਨ ਸੂਬੇ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਦੋਸ਼ ਦੇ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਐਨਐਸਏ ਤਹਿਤ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖ ਕੇ ਉਨ੍ਹਾਂ ਦੇ ਭਵਿੱਖ ਨੂੰ ਬਰਬਾਦ ਕੀਤਾ ਜਾ ਰਿਹਾ ਹੈ, ਜੋ ਕਿ ਗੈਰ-ਸੰਵਿਧਾਨਕ ਹੈ।
ਮੀਟਿੰਗ ਵਿੱਚ ਇਸ ਗੱਲ 'ਤੇ ਵੀ ਅਫਸੋਸ ਪ੍ਰਗਟ ਕੀਤਾ ਗਿਆ ਕਿ 14 ਅਪ੍ਰੈਲ ਨੂੰ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਤਲਾਸ਼ੀ ਲਈ ਗਈ। ਪੰਜਾਬ ਸਰਕਾਰ ਅਤੇ ਪੁਲਿਸ ਦੀਆਂ ਹਦਾਇਤਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੀ ਘੇਰਾਬੰਦੀ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਗਈ।
ਦੱਸ ਦੇਈਏ ਕਿ ਐਤਵਾਰ ਨੂੰ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਮਰਥਨ ਮੰਗਿਆ ਸੀ। ਪਾਰਟੀ ਮੀਟਿੰਗ ਵਿੱਚ ਪਰਮਿੰਦਰ ਸਿੰਘ ਢੀਂਡਸਾ, ਸਰਵਣ ਸਿੰਘ ਫਿਲੌਰ, ਹਰਵੇਲ ਸਿੰਘ ਮਾਧੋਪੁਰ, ਸਰਬਜੀਤ ਸਿੰਘ ਡੂਮਵਾਲੀ, ਭੋਲਾ ਸਿੰਘ ਗਿਲਪੱਟੀ, ਮਾਨ ਸਿੰਘ ਗਰਚਾ ਆਦਿ ਹਾਜ਼ਰ ਸਨ। ਜਿਕਰਯੋਗ ਹੈ ਕਿ ਢੀਂਡਸਾ ਨੇ ਇਸ ਤੋਂ ਪਹਿਲਾ ਕਿਹਾ ਸੀ ਕਿ ਜਲੰਧਰ ਲੋਕ ਸਭਾ ਉਪ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਇਹ ਐਲਾਨ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਵਿਖੇ ਜਾਰੀ ਬਿਆਨ ਰਾਹੀਂ ਕੀਤਾ ਸੀ । ਇਹ ਵੀ ਕਿਹਾ ਗਿਆ ਸੀ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਕਿਸ ਪਾਰਟੀ ਨੂੰ ਸਮਰਥਨ ਦੇਣਾ ਹੈ, ਇਸ ਬਾਰੇ ਫੈਸਲਾ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਲੀ ਮੀਟਿੰਗ ਵਿੱਚ ਜਲਦੀ ਹੀ ਲਿਆ ਜਾਵੇਗਾ।