
ਅਮਰੀਕਾ ਵਿਚ ਪੰਜਾਬੀ ਪਰਿਵਾਰ ਦੇ ਕਤਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ 'ਤੇ ਦਬਾਅ ਬਣਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਨੇ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲੇਆਮ ਨੇ ਅਮਰੀਕਾ ਵਰਗੇ ਉੱਨਤ ਦੇਸ਼ ਵਿੱਚ ਵੀ ਪੰਜਾਬੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਉਨ੍ਹਾਂ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ.ਜੈਸ਼ੰਕਰ ਦੇ ਦਖਲ ਦੀ ਮੰਗ ਕਰਦਿਆਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਅਮਰੀਕਾ ਦੀ ਸੰਘੀ ਸਰਕਾਰ 'ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਤਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਇਸ ਭਿਆਨਕ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਸਨੇ ਕੈਲੀਫੋਰਨੀਆ ਰਾਜ ਦੇ ਗਵਰਨਰ ਅਤੇ ਮਰਸਡ ਕਾਉਂਟੀ ਦੇ ਮੇਅਰ ਨੂੰ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਉਨ੍ਹਾਂ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਅਪਰਾਧਾਂ ਨੂੰ ਰੋਕਿਆ ਜਾ ਸਕੇ। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਗੜ੍ਹੀ ਨੇ ਕਿਹਾ ਕਿ ਪੰਜਾਬ ਛੱਡ ਕੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀਆਂ ਦੇ ਕਤਲ ਦੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਘਟਨਾ ਹੈ ਅਤੇ ਇਸ ਘਟਨਾ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ।